Nava Savera

नया सवेरा

Punjab Press Club Jalandar ਵਿਖੇ ਵਿਸ਼ਵ ਪ੍ਰੈੱਸ ਆਜ਼ਾਦੀ ਦਿਹਾੜਾ ਮਨਾਇਆ

 

ਜਲੰਧਰ, 3 ਮਈ (NS) ਮਹਾਨਗਰ ਵਿੱਚ ਅੱਜ ਵਿਸ਼ਵ ਪ੍ਰੈੱਸ ਆਜ਼ਾਦੀ ਦਿਹਾੜਾ ਦੇ ਮੌਕੇ ’ਤੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸੀਨੀਅਰ ਪੱਤਰਕਾਰ ਜਤਿੰਦਰ ਪੰਨੂੰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਤਨਾਮ ਮਾਣਕ, ਕਾਰਜਕਾਰੀ ਸੰਪਾਦਕ, ਅਜੀਤ ਪ੍ਰਕਾਸ਼ਨ ਸਮੂਹ ਹਾਜ਼ਰ ਸਨ।

ਸਮਾਗਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਵੱਲੋਂ ਮਹਿਮਾਨਾਂ ਅਤੇ ਹਾਜ਼ਰ ਪੱਤਰਕਾਰ ਸਾਥੀਆਂ ਨੂੰ ਜੀ ਆਇਆਂ ਆਖਣ ਨਾਲ ਹੋਈ। ਉਨ੍ਹਾਂ ਸਭ ਨੂੰ ਪ੍ਰੈੱਸ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਨ ਮੀਡੀਆ ਦੀ ਅਜ਼ਾਦੀ ਅਤੇ ਲੋਕਤੰਤਰ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਨੂੰ ਯਾਦ ਕਰਨ ਦਾ ਮੌਕਾ ਦਿੰਦਾ ਹੈ।

ਆਪਣੇ ਸੰਬੋਧਨ ਦੌਰਾਨ ਜਤਿੰਦਰ ਪੰਨੂੰ ਨੇ ਪੱਤਰਕਾਰੀ ਦੇ ਆਪਣੇ ਲੰਮੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਜਿਵੇਂ ਮਨੁੱਖ ਨੂੰ ਹਰ ਖੇਤਰ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸੇ ਤਰ੍ਹਾਂ ਪੱਤਰਕਾਰੀ ਨਾਲ ਜੁੜੇ ਹਰ ਵਿਅਕਤੀ ਦਾ ਜੀਵਨ ਵੀ ਸੰਘਰਸ਼ਮਈ ਅਤੇ ਚੁਣੌਤੀਆਂ ਨਾਲ ਭਰਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੀਡੀਆ ਖੇਤਰ ਨੇ ਲਾਮਿਸਾਲ ਤਰੱਕੀ ਕੀਤੀ ਹੈ, ਪਰ ਪੱਤਰਕਾਰ ਭਾਈਚਾਰਾ ਅਜੇ ਵੀ ਆਰਥਿਕ ਤੰਗੀਆਂ ਅਤੇ ਸੁਰੱਖਿਆ ਸੰਬੰਧੀ ਖਤਰਿਆਂ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ।

ਇਸ ਮੌਕੇ ਸਤਨਾਮ ਮਾਣਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੱਤਾਧਾਰੀ ਪਾਰਟੀਆਂ ਵੱਲੋਂ ਹਮੇਸ਼ਾਂ ਮੀਡੀਆ ਨੂੰ ਆਪਣੇ ਅਨੁਕੂਲ ਬਣਾਉਣ ਲਈ ਦਬਾਅ ਬਣਾਇਆ ਜਾਂਦਾ ਰਿਹਾ ਹੈ ਅਤੇ ਇਹ ਪ੍ਰਵਿਰਤੀ ਅੱਜ ਵੀ ਜਾਰੀ ਹੈ। ਉਨ੍ਹਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਭਾਰਤ ਵਿੱਚ ਮੀਡੀਆ ਦੀ ਆਜ਼ਾਦੀ ਦਾ ਗ੍ਰਾਫ ਘਟਦਾ ਜਾ ਰਿਹਾ ਹੈ, ਜੋ ਲੋਕਤੰਤਰ ਲਈ ਚਿੰਤਾਜਨਕ ਹੈ।

ਇਸ ਤੋਂ ਬਾਅਦ ਹੋਰ ਪੱਤਰਕਾਰ ਸਾਥੀਆਂ ਨੇ ਵੀ ਆਪਣੇ ਤਜਰਬੇ ਅਤੇ ਵਿਚਾਰ ਸਾਂਝੇ ਕੀਤੇ ਅਤੇ ਮੀਡੀਆ ਸਾਹਮਣੇ ਆ ਰਹੀਆਂ ਚੁਣੌਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅੰਤ ਵਿੱਚ ਕਲੱਬ ਦੇ ਜਨਰਲ ਸਕੱਤਰ ਪੁਨੀਤ ਸਹਿਗਲ ਨੇ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਮਹਿਮਾਨਾਂ ਅਤੇ ਸਾਰੇ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ। ਸਮਾਗਮ ਦਾ ਮੰਚ ਸੰਚਾਲਨ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ ਵੱਲੋਂ ਬਹੁਤ ਸੁਚੱਜੇ ਢੰਗ ਨਾਲ ਕੀਤਾ ਗਿਆ। ਇਸ ਮੌਕੇ ਮੀਤ-ਪ੍ਰਧਾਨ ਪਰਮਜੀਤ ਸਿੰਘ ਰੰਗਪੁਰੀ, ਜਾਇੰਟ-ਸਕੱਤਰ ਸੁਕਰਾਂਤ ਸਫਰੀ, ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਅਤੇ ਮੀਡੀਆ ਜਗਤ ਨਾਲ ਜੁੜੀਆਂ ਹੋਰ ਵੀ ਕਈ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ।

Navan Savera
Author: Navan Savera

Leave a Comment