ਜਲੰਧਰ 13मई (NS) ਆਮ ਆਦਮੀ ਪਾਰਟੀ ਦੇ ਆਗੂ ਅਤੇ ਜ਼ਿਲ੍ਹਾ ਇੰਚਾਰਜ ਜਲੰਧਰ (ਸ਼ਹਿਰੀ), ਅੰਮ੍ਰਿਤਪਾਲ ਸਿੰਘ, ਜੋ ਕਿ ਚੇਅਰਮੈਨ ਪਲਾਨਿੰਗ ਬੋਰਡ ਜਲੰਧਰ ਵੀ ਹਨ, ਨੇ ਭਾਜਪਾ ਸਰਕਾਰ ਦੇ ਇੱਕ ਤਾਜ਼ਾ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਸੈਨਿਕ ਸਕੂਲਾਂ ਵਿੱਚੋਂ ਪੰਜਾਬੀ ਨੂੰ ਲਾਜ਼ਮੀ ਵਿਸ਼ਿਆਂ ਵਿੱਚੋਂ ਹਟਾਉਣ ਦਾ ਫੈਸਲਾ ਪੰਜਾਬ ਦੀ ਅਮੀਰ ਵਿਰਾਸਤ ਅਤੇ ਪੰਜਾਬੀਅਤ ‘ਤੇ ਸਿੱਧਾ ਹਮਲਾ ਹੈ।
ਅੰਮ੍ਰਿਤਪਾਲ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਮਾਂ-ਬੋਲੀ ਪੰਜਾਬੀ ਸਾਡੀ ਸੋਚ, ਸੱਭਿਆਚਾਰ ਅਤੇ ਇਤਿਹਾਸ ਦੀ ਅਸਲ ਨਿਸ਼ਾਨੀ ਹੈ। ਉਨ੍ਹਾਂ ਅੱਗੇ ਕਿਹਾ:
“ਪੰਜਾਬ ਦੀ ਧਰਤੀ ‘ਤੇ ਹੀ ਮਾਂ-ਬੋਲੀ ਪੰਜਾਬੀ ਨੂੰ ਨਜ਼ਰਅੰਦਾਜ਼ ਕਰਨਾ ਬਹੁਤ ਹੀ ਮੰਦਭਾਗਾ ਹੈ। ਪੰਜਾਬੀਅਤ ਦੇ ਸਤਿਕਾਰ ਲਈ ਹਰ ਪੰਜਾਬੀ ਆਪਣੀ ਆਵਾਜ਼ ਬੁਲੰਦ ਕਰੇਗਾ।”
ਇਸ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬੀ ਬੋਲੀ ਦਾ ਘਾਣ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਲੋਕ ਆਪਣੀ ਬੋਲੀ ਅਤੇ ਸੱਭਿਆਚਾਰ ਦੀ ਰਾਖੀ ਲਈ ਇਕਜੁੱਟ ਹਨ।







