ਕਲਾਨੌਰ (ਗੁਰਦਾਸਪੁਰ)02 ਜੂਨ ਗੁਰਦਾਸਪੁਰ ਦੇ ਕਲਾਨੌਰ ਕਸਬੇ ਵਿੱਚ ਸਥਿਤ ਮੁਲਤਾਨੀ ਹਸਪਤਾਲ ਦੇ ਬਾਹਰ ਮੰਗਲਵਾਰ ਨੂੰ ਇੱਕ ਸ਼ਕਤੀਸ਼ਾਲੀ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਕੀਤੇ ਗਏ ਇਸ ਹਮਲੇ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ, ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹਸਪਤਾਲ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਚਕਨਾਚੂਰ ਹੋ ਗਏ।
ਧਮਾਕੇ ਤੋਂ ਤੁਰੰਤ ਬਾਅਦ ਹਸਪਤਾਲ ਦੇ ਸਟਾਫ਼ ਅਤੇ ਸਥਾਨਕ ਨਿਵਾਸੀਆਂ ਵਿੱਚ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਸਪਤਾਲ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰ ਦਿੱਤੇ ਗਏ ਹਨ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸਐਸਪੀ ਆਦਿੱਤਿਆ, ਐਸਪੀ ਡੀਕੇ ਚੌਧਰੀ ਅਤੇ ਐਸਐਚਓ ਮੌਲਖ ਸਿੰਘ ਨੇ ਪੁਲਿਸ ਟੀਮ ਨਾਲ ਘਟਨਾ ਸਥਾਨ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਪੁਲਿਸ ਵੱਲੋਂ ਮੌਕੇ ਤੋਂ ਅਹਿਮ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਹਮਲੇ ਦੇ ਪਿੱਛੇ ਦੇ ਅਸਲ ਉਦੇਸ਼ਾਂ ਅਤੇ ਸ਼ੱਕੀਆਂ ਦਾ ਪਤਾ ਲਗਾਉਣ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।
ਜਾਂਚ ਦੌਰਾਨ ਹਸਪਤਾਲ ਦੇ ਆਲੇ-ਦੁਆਲੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਸ਼ੱਕੀ ਨੌਜਵਾਨ ਕਾਫੀ ਦੇਰ ਤੱਕ ਹਸਪਤਾਲ ਦੇ ਨੇੜੇ ਘੁੰਮਦਾ ਹੋਇਆ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਇਸ ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਅਧਿਕਾਰੀਆਂ ਮੁਤਾਬਕ ਇਹ ਫੁਟੇਜ ਜਾਂਚ ਵਿੱਚ ਕੋਈ ਮਹੱਤਵਪੂਰਨ ਸੁਰਾਗ ਦੇ ਸਕਦੀ ਹੈ।
ਪੁਲਿਸ ਪ੍ਰਸ਼ਾਸਨ ਵੱਲੋਂ ਧਮਾਕੇ ਦੇ ਤਰੀਕੇ ਅਤੇ ਇਸ ਸਾਜ਼ਿਸ਼ ਵਿੱਚ ਸ਼ਾਮਲ ਵਿਅਕਤੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਧਮਾਕਾ ਕਰਨ ਵਾਲੇ ਮੁੱਖ ਮੁਲਜ਼ਮ ਦੀ ਕੋਈ ਸਿੱਧੀ ਵੀਡੀਓ ਅਜੇ ਸਾਹਮਣੇ ਨਹੀਂ ਆਈ ਹੈ, ਪਰ ਪੁਲਿਸ ਫੋਰੈਂਸਿਕ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।







