ਜਲੰਧਰ: ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਦੇ ਪਹਿਲੇ ਪੜਾਅ ਦਾ ਅਧਿਕਾਰਤ ਡੇਟਾ ਜਾਰੀ ਕੀਤਾ ਹੈ। ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ 3 ਅਗਸਤ, 2026 ਤੱਕ ਕੀਤੇ ਗਏ ਘਰ-ਘਰ ਸਰਵੇਖਣ ਦੇ ਪੂਰਾ ਹੋਣ ਉਪਰੰਤ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਗਈ।
ਸਰਵੇਖਣ ਦੇ ਅੰਕੜਿਆਂ ਅਨੁਸਾਰ ਘਰ-ਘਰ ਚੈਕਿੰਗ ਦੌਰਾਨ ਕੁੱਲ 1,84,997 ਵੋਟਰ ਫਾਰਮ ਪ੍ਰਾਪਤ ਨਹੀਂ ਹੋਏ। ਇਸ ਪ੍ਰਕਿਰਿਆ ਦੌਰਾਨ ਜ਼ਿਲ੍ਹੇ ਵਿੱਚ 50,520 ਵੋਟਰ ਮ੍ਰਿਤਕ ਪਾਏ ਗਏ ਹਨ। ਇਸ ਤੋਂ ਇਲਾਵਾ, 94,356 ਵੋਟਰ ਅਜਿਹੇ ਸਨ ਜੋ ਆਪਣੇ ਅਸਲ ਰਿਹਾਇਸ਼ੀ ਪਤਿਆਂ ਤੋਂ ਹੋਰ ਥਾਵਾਂ ‘ਤੇ ਚਲੇ ਗਏ ਹਨ। ਡੁਪਲੀਕੇਟ ਐਂਟਰੀਆਂ ਦੀ ਜਾਂਚ ਦੌਰਾਨ 8,961 ਵੋਟਰਾਂ ਦੀਆਂ ਵੋਟਾਂ ਦੋ ਵੱਖ-ਵੱਖ ਸਥਾਨਾਂ ‘ਤੇ ਦਰਜ ਮਿਲੀਆਂ। ਇਸ ਦੇ ਨਾਲ ਹੀ 30,157 ਵੋਟਰ ਅਣਪਛਾਤੇ ਰਹੇ ਅਤੇ 1,003 ਵੋਟਰ ਹੋਰ ਸ਼੍ਰੇਣੀਆਂ ਵਿੱਚ ਦਰਜ ਕੀਤੇ ਗਏ ਹਨ।
ਐਸਆਈਆਰ ਸਰਵੇਖਣ ਦੇ ਮੁੱਖ ਅੰਕੜੇ:
- ਕੁੱਲ ਫਾਰਮ ਪ੍ਰਾਪਤ ਨਹੀਂ ਹੋਏ: 1,84,997
- ਮ੍ਰਿਤਕ ਪਾਏ ਗਏ ਵੋਟਰ: 50,520
- ਅਸਲ ਪਤੇ ‘ਤੇ ਨਾ ਮਿਲੇ ਵੋਟਰ: 94,356
- ਅਣਪਛਾਤੇ ਵੋਟਰ: 30,157
- ਡੁਪਲੀਕੇਟ ਵੋਟਾਂ: 8,961
- ਹੋਰ ਕਾਰਨ ਸ਼੍ਰੇਣੀ: 1,003
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਜੇਕਰ ਕਿਸੇ ਯੋਗ ਨਾਗਰਿਕ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੁੰਦਾ, ਤਾਂ ਉਹ 13 ਅਗਸਤ ਤੋਂ 12 ਸਤੰਬਰ ਤੱਕ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਕੋਲ ਫਾਰਮ ਨੰਬਰ 6 ਭਰ ਕੇ ਨਵੀਂ ਵੋਟ ਬਣਾਉਣ ਲਈ ਦਾਅਵਾ ਪੇਸ਼ ਕਰ ਸਕਦੇ ਹਨ।
13 ਅਗਸਤ ਨੂੰ ਵੋਟਰ ਸੂਚੀ ਦੀਆਂ ਕਾਪੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ ਜਾਣਗੀਆਂ। ਇਹ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੂਥ-ਪੱਧਰੀ ਅਫ਼ਸਰਾਂ ਕੋਲ ਵੀ ਉਪਲਬਧ ਰਹੇਗੀ।
ਜਿਨ੍ਹਾਂ ਵੋਟਰਾਂ ਦੀਆਂ ਵੋਟਾਂ ਅਨਮੈਪਡ ਰਹਿ ਗਈਆਂ ਹਨ, ਉਨ੍ਹਾਂ ਨੂੰ 13 ਅਗਸਤ ਤੋਂ ਨੋਟਿਸ ਭੇਜੇ ਜਾਣਗੇ। ਨੋਟਿਸ ਪ੍ਰਾਪਤ ਕਰਨ ਵਾਲੇ ਵੋਟਰਾਂ ਨੂੰ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਲੋੜੀਂਦੇ ਦਸਤਾਵੇਜ਼ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਜਮ੍ਹਾਂ ਕਰਵਾਉਣੇ ਹੋਣਗੇ। ਸੁਣਵਾਈ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਜ਼ਿਲ੍ਹੇ ਵਿੱਚ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ। ਇਸ ਤਹਿਤ ਜਲੰਧਰ ਜ਼ਿਲ੍ਹੇ ਵਿੱਚ 71 ਨਵੇਂ ਬੂਥ ਜੋੜੇ ਗਏ ਹਨ, ਜਿਸ ਨਾਲ ਪੋਲਿੰਗ ਬੂਥਾਂ ਦੀ ਕੁੱਲ ਗਿਣਤੀ 1,926 ਤੋਂ ਵਧ ਕੇ 1,997 ਹੋ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਐਸਆਈਆਰ ਦੇ ਅਗਲੇ ਪੜਾਅ ਵਿੱਚ ਵੀ ਪੂਰਾ ਸਹਿਯੋਗ ਦੇਣ ਤਾਂ ਜੋ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ, ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।








