ਚਾਵਲਾ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਅਤੇ ਖੁਦ ਬਣਾਈ ਕਮੇਟੀ ਦੀ ਨਿਰਪੱਖਤਾ ‘ਤੇ ਚੁੱਕੇ ਵੱਡੇ ਸਵਾਲ
11 ਅਕਤੂਬਰ ਨੂੰ 251 ਮੈਂਬਰੀ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕਰੇਗਾ ਅਰਦਾਸ
ਜਲੰਧਰ, 2ਅਕਤੂਬਰ (ਏਕਮ) ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ ਦੇ ਆਗੂਆਂ ਨੇ ਜਲੰਧਰ ਵਿਖੇ ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਦੇ ਦੋਸ਼ ਲਾਏ ਹਨ। ਜਥੇਬੰਦੀ ਦੇ ਆਗੂ ਸੁਖਦੇਵ ਸਿੰਘ ਫਗਵਾੜਾ, ਪਰਮਪਾਲ ਸਿੰਘ ਸਭਰਾਅ ਅਤੇ ਜਰਨੈਲ ਸਿੰਘ ਗੜ੍ਹਦੀਵਾਲ ਨੇ ਕਿਹਾ ਕਿ ਚਾਵਲਾ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਬਿਆਨ ਸਿੱਖ ਪ੍ਰੰਪਰਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਹਿਰੀਨ ਦੀ ਬੀਬੀ ਨੂੰ ਸਰਾਵਾਂ ਵਿੱਚ ਰਹਾਇਸ਼ ਅਤੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ ਇੱਕ ਲੱਖ ਰੁਪਏ ਦਿੱਤੇ ਗਏ, ਪਰ ਜਿਸ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਇਹ ਫੰਡ ਦਿੱਤੇ, ਉਸੇ ਨੂੰ ਹੀ ਜਾਂਚ ਕਮੇਟੀ ਦਾ ਕੋਆਰਡੀਨੇਟਰ ਬਣਾ ਦਿੱਤਾ ਗਿਆ ਹੈ, ਜੋ ਨਿਰਪੱਖਤਾ ‘ਤੇ ਸਵਾਲ ਖੜ੍ਹੇ ਕਰਦਾ ਹੈ।
ਆਗੂਆਂ ਨੇ ਕਿਹਾ ਕਿ ਪ੍ਰਧਾਨ ਧਾਮੀ ਕਿਸੇ ਵੱਡੀ ਸਿਆਸੀ ਸਾਜ਼ਿਸ਼ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ ‘ਤੇ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਨੇ ਅੰਤਰਿੰਗ ਕਮੇਟੀ ਵਿੱਚ ਵਿਰੋਧੀ ਧਿਰ ਦੇ ਮੈਂਬਰ ਨਾਲ ਕੀਤੇ ਵਿਵਹਾਰ ਦੀ ਨਿਖੇਧੀ ਕੀਤੀ। ਜਥੇਬੰਦੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ 13 ਸਾਲਾਂ ਤੋਂ ਲਟਕ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ। ਉਨ੍ਹਾਂ ਐਲਾਨ ਕੀਤਾ ਕਿ ਇਸ ਘਟਨਾਕ੍ਰਮ ਵਿਰੁੱਧ ਸੰਘਰਸ਼ ਦੇ ਤੀਜੇ ਪੜਾਅ ਵਜੋਂ 11 ਅਕਤੂਬਰ 2026 ਨੂੰ 251 ਮੈਂਬਰੀ ਸਿੱਖ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠਾ ਹੋ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਸੌਂਪੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਕਿਸ਼ਨਪੁਰਾ, ਪਰਮਜੀਤ ਸਿੰਘ ਰਾਏਪੁਰ ਅਤੇ ਹਰਪਾਲ ਸਿੰਘ ਚੱਡਾ ਸਮੇਤ ਕਈ ਆਗੂ ਹਾਜ਼
ਰ ਸਨ।








